ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਮੰਗ ਰਹੀਆਂ ਹਨ ਹਰਿਆਣਾ ਪੈਟਨਰ, ਪਰ ਪੰਜਾਬ ਸਰਕਾਰ ਕਹਿੰਦੀ ਲੈ ਲਓ 600 ਰੁਪਏ ਤੇ 300 ਰੁਪਏ
ਆਲ ਪੰਜਾਬ ਆਂਗਣਵਾਡ਼ੀ ਮੁਲਾਜ਼ਮ ਯੂਨੀਅਨ ਸਰਕਾਰ ਦੇ ਫੈਸਲੇ ਨਾਲ ਸਹਿਮਤ ਨਹੀਂ ਜਾਰੀ ਰਹੇਗਾ ਸੰਘਰਸ਼
4,5 ਸਤੰਬਰ ਨੂੰ ਵਿਭਾਗ ਦੀ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਦੀ ਰਿਹਾਇਸ਼ ਦੀਨਾਨਗਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ
ਬਲਾਕ ਪ੍ਰਧਾਨ ਜਸਵੀਰ ਕੌਰ
ਦਸੂਹਾ (ਨਵਦੀਪ ਗੌਤਮ )ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਤਾਂ ਪਿਛਲੇ ਲੰਮੇ ਸਮੇਂ ਤੋਂ ਇਸ ਗੱਲ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਹਨ ਕਿ ਉਨ੍ਹਾਂ ਨੂੰ ਹਰਿਆਣੇ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਬਰਾਬਰ ਮਾਣ ਭੱਤਾ ਦਿੱਤਾ ਜਾਵੇ, ਪਰ ਪੰਜਾਬ ਸਰਕਾਰ ਨੇ ਹਰਿਆਣਾ ਪੈਟਨਰ ਦੇਣ ਦੀ ਥਾਂ ਕੱਲ੍ਹ ਉਹ ਚਿੱਠੀ ਜਾਰੀ ਕੀਤੀ ਹੈ ਕਿ ਆਂਗਣਵਾਡ਼ੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿੱਚ ਕ੍ਰਮਵਾਰ 600 ਰੁਪਏ ਤੇ 300 ਰੁਪਏ ਦਾ ਵਾਧਾ ਕਰ ਦਿੱਤਾ ਗਿਆ। ਪਰ ਸਰਕਾਰ ਦੇ ਇਸ ਫ਼ੈਸਲੇ ਨਾਲ ਆਲ ਪੰਜਾਬ ਆਂਗਣਵਾਡ਼ੀ ਮੁਲਾਜ਼ਮ ਯੂਨੀਅਨ ਸਹਿਮਤ ਨਹੀਂ ਹੈ ਤੇ ਸਰਕਾਰ ਦੀ ਕਾਰਗੁਜ਼ਾਰੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਜਿੰਨਾ ਚਿਰ ਆਂਗਣਵਾਡ਼ੀ ਵਰਕਰਾਂ ਤੇ ਹੈਲਪਰਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲਦੇ ਉਨ੍ਹਾਂ ਚਿਰ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਬਲਾਕ ਪ੍ਰਧਾਨ ਜਸਵੀਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਰਕਰਾਂ ਤੇ ਆਮ ਨਾਲ ਧੋਖਾ ਕਰ ਰਹੀ ਹੈ। ਜੋ ਮਾਣ ਭੱਤਾ ਵਧਾਏ ਜਾਣ ਦੀ ਗੱਲ ਕਹੀ ਜਾ ਰਹੀ ਹੈ ਉਹ ਨਿਰਾ ਝੂਠ ਹੈ। ਕਿਉਂਕਿ ਇਹ ਪੈਸੇ ਤਾਂ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਸਰਕਾਰ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਨੱਪੀ ਬੈਠੀ ਸੀ ਤੇ ਉਹ ਪੈਸੇ ਹੀ ਬਿਨਾਂ ਬਕਾਏ ਤੋਂ ਦੇਣ ਲਈ ਹੁਣ ਚਿੱਠੀ ਜਾਰੀ ਕੀਤੀ ਗਈ ਹੈ। ਬਕਾਇਆ ਰਾਸ਼ੀ ਹੀ ਕਰੀਬ 90 ਕਰੋੜ ਰੁਪਏ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ 46 ਸਾਲਾਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਨਾ ਤਾਂ ਉਨ੍ਹਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦਿੱਤਾ ਗਿਆ ਅਤੇ ਨਾ ਹੀ ਨਰਸਰੀ ਟੀਚਰ ਬਣਾਇਆ। ਪਿਛਲੇ 4 ਸਾਲਾਂ ਤੋਂ ਆਂਗਣਵਾੜੀ ਸੈਂਟਰਾਂ ਦੇ ਬੱਚੇ ਵੀ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬਿਠਾਏ ਹੋਏ ਹਨ। ਜਿਸ ਕਰਕੇ ਜਿੰਨਾ ਚਿਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਨ੍ਹਾਂ ਚਿਰ ਸੰਘਰਸ਼ ਜਾਰੀ ਰਹੇਗਾ। ਵਿਭਾਗ ਦੀ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਦੀ ਰਿਹਾਇਸ਼ ਦੀਨਾਨਗਰ ਵਿਖੇ 4 ਅਤੇ 5 ਤਰੀਕ ਨੂੰ ਭਾਰੀ ਗਿਣਤੀ ਵਿਚ ਵਰਕਰਾਂ ਅਤੇ ਹੈਲਪਰਾਂ ਨੇ ਰੋਸ ਪ੍ਰਦਰਸ਼ਨ ਕਰਨਗੀਆਂ।
Comments
Post a Comment